,

ਸੁਪਰੀਮ ਕੋਰਟ ਨੇ CJP ਦੇ 5 ਸਤੰਬਰ ਵਾਲੇ ਦਿੱਲੀ ਮਾਰਚ ’ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ।

ਪ੍ਰਦੀਪ ਚਿੱਜੜ


ਆਕਲੈਂਡ:- 01 ਸਤੰਬਰ  2026

ਨਵੀਂ ਦਿੱਲੀ ਭਾਰਤ ਦੀ ਸੁਪਰੀਮ ਕੋਰਟ ਨੇ Cockroach Janta Party (CJP) ਵੱਲੋਂ 5 ਸਤੰਬਰ ਨੂੰ ਦਿੱਲੀ ਵਿੱਚ ਕੀਤੇ ਜਾਣ ਵਾਲੇ ਪ੍ਰਦਰਸ਼ਨ ਮਾਰਚ ਨੂੰ ਰੋਕਣ ਲਈ ਦਾਇਰ ਪਟੀਸ਼ਨ ’ਤੇ ਤੁਰੰਤ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਹ ਮਾਰਚ ਕੇਂਦਰ ਸਰਕਾਰ ਵੱਲੋਂ ਜੁਲਾਈ ਦੇ NEET ਪੇਪਰ ਲੀਕ ਵਿਰੋਧੀ ਪ੍ਰਦਰਸ਼ਨਾਂ ਵਿੱਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ ਦਰਜ ਕੇਸ ਵਾਪਸ ਨਾ ਲੈਣ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ ਹੈ।
ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਨੇ ਕੇਂਦਰ ਸਰਕਾਰ ਅਤੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ। ਬੈਂਚ ਵਿੱਚ ਜਸਟਿਸ ਜੋਯਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਵੀ ਸ਼ਾਮਲ ਹਨ।
ਪਟੀਸ਼ਨਰ ਵੱਲੋਂ ਵਕੀਲ ਡਾ. ਰਿਜ਼ਵਾਨ ਅਹਿਮਦ ਨੇ ਮਾਮਲੇ ਦੀ 5 ਸਤੰਬਰ ਤੋਂ ਪਹਿਲਾਂ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ। ਹਾਲਾਂਕਿ ਅਦਾਲਤ ਨੇ ਇਸ ਮਾਮਲੇ ਨੂੰ 10 ਸਤੰਬਰ ਲਈ ਰੱਖ ਦਿੱਤਾ। ਅਦਾਲਤ ਨੇ ਕਿਹਾ ਕਿ ਮਾਰਚ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣਾ ਮੁੱਖ ਤੌਰ ’ਤੇ ਪੁਲਿਸ ਅਤੇ ਸਰਕਾਰੀ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੈ।
ਅਦਾਲਤ ਨੇ ਇਹ ਵੀ ਕਿਹਾ ਕਿ ਫਿਲਹਾਲ ਅਜਿਹਾ ਮੰਨਣ ਦਾ ਕੋਈ ਕਾਰਨ ਨਹੀਂ ਹੈ ਕਿ ਪ੍ਰਦਰਸ਼ਨ ਦੌਰਾਨ ਜ਼ਰੂਰ ਕੋਈ ਅਣਸੁਖਾਵੀਂ ਘਟਨਾ ਵਾਪਰੇਗੀ। ਇਸ ਲਈ ਅਦਾਲਤ ਨੇ ਮਾਰਚ ’ਤੇ ਪਹਿਲਾਂ ਹੀ ਪਾਬੰਦੀ ਲਗਾਉਣ ਤੋਂ ਇਨਕਾਰ ਕਰਦਿਆਂ ਸਾਰੇ ਧਿਰਾਂ ਤੋਂ ਸ਼ਾਂਤੀਪੂਰਨ ਅਤੇ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਕਾਰਵਾਈ ਕਰਨ ਦੀ ਉਮੀਦ ਜਤਾਈ ਹੈ।